ਲੁਧਿਆਣਾ ( Rajan ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਕੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਨੇ ਸਭ ਤੋਂ ਵੱਧ ਯੋਗਦਾਨ ਪਾਇਆ ਹੈ। 75ਵੇਂ ਗਣਤੰਤਰ ਦਿਵਸ ਮੌਕੇ ਇੱਥੇ ਹੋਏ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਦਿਨ ਦੀ ਪੰਜਾਬ ਲਈ ਵਿਸ਼ੇਸ਼ ਮਹੱਤਤਾ ਹੈ ਕਿਉਂਕਿ ਪੰਜਾਬੀਆਂ ਨੇ ਇਸ ਮੁਲਕ ਦੀ ਖਾਤਰ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਬਹੁਤ ਵਾਰ 26 ਜਨਵਰੀ ਦਾ ਦਿਨ ਗੁਜ਼ਰਿਆ ਸੀ ਪਰ ਕਿਸੇ ਨੂੰ ਕੌਮੀ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਸੀ। ਹੁਣ ਸਾਨੂੰ ਇਹ ਦਿਹਾੜਾ ਮਨਾਉਣ ਦਾ ਹੱਕ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਸੂਬੇ ਦੀ ਝਾਕੀ ਨੂੰ ਕੌਮੀ ਰਾਜਧਾਨੀ ਵਿੱਚ ਗਣਤੰਤਰ ਦਿਹਾੜੇ ਮੌਕੇ ਹੋਈ ਪਰੇਡ ਵਿੱਚੋਂ ਜਾਣਬੁੱਝ ਕੇ ਬਾਹਰ ਰੱਖਿਆ ਗਿਆ।”
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਝਾਕੀਆਂ ਰੱਦ ਕਰਕੇ ਮਾਈ ਭਾਗੋ, ਗ਼ਦਰੀ ਬਾਬੇ, ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀਆਂ ਝਾਕੀਆਂ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਦੇ ਮਹੱਤਵ ਨੂੰ ਘਟਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਸਹਿਣ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਸਿੱਧੇ ਤੌਰ ਉਤੇ ਸਾਡੇ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇਹ ਝਾਕੀਆਂ ਕੱਢ ਕੇ ਦੇਸ਼ ਪ੍ਰਤੀ ਪੰਜਾਬੀਆਂ ਦਾ ਯੋਗਦਾਨ ਦਿਖਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਸੂਬਾ ਰਿਹਾ ਹੈ ਅਤੇ ਮੋਹਰੀ ਹੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਅਗਲੀਆਂ ਚੋਣਾਂ ਦਾ ਫਿਕਰ
ਨਹੀਂ ਸਗੋਂ ਮੈਂ ਤਾਂ ਆਉਣ ਵਾਲੀ ਪੀੜ੍ਹੀ ਦੇ ਭਲੇ ਲਈ ਕੰਮ ਕਰ ਰਿਹਾ ਹਾਂ ਜਿਸ ਕਰਕੇ ਮੇਰੀ ਸਰਕਾਰ ਨੇ ਕਈ ਲੀਹੋਂ ਹਟਵੇਂ ਉਪਰਾਲੇ ਕੀਤੇ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਲੱਗੀ ਹੋਈ ਹੈ ਕਿ ਨੌਜਵਾਨ ਰੋਜ਼ਗਾਰ ਲੱਭਣ ਦੀ ਬਜਾਏ ਰੋਜ਼ਗਾਰ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਿੱਖਿਆ ਦੇ ਮੌਕੇ ਤੋਂ ਵਾਂਝਾ ਰੱਖਿਆ ਗਿਆ ਸੀ ਤਾਂ ਕਿ ਉਹ ਸਿਆਸੀ ਆਗੂਆਂ ਦੇ ਪਿੱਛੇ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਤਿਆਗਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਅਨਿੱਖੜਵਾਂ ਅੰਗ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ 65,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਿਸ ਨਾਲ 2.98 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਭਗਵੰਤ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ 27 ਜਨਵਰੀ ਨੂੰ ਜਲੰਧਰ ਤੋਂ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨਾਲ ਨਿਪਟਣ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ
ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਸੜਕ ਹਾਦਸਿਆਂ ਨੂੰ ਰੋਕਣ ਲਈ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਢੁਕਵੀਂ ਵਿਵਸਥਾ ਕਰਨ ਲਈ ਤਾਇਨਾਤ ਕੀਤੇ ਜਾਣਗੇ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਸੀ ਅਤੇ ਸਾਰਿਆਂ ਨੂੰ ਉਸ ਅਸਥਾਨ 'ਤੇ ਮੱਥਾ ਟੇਕਣ ਲਈ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਧਰਮ ਨਿਰਪੱਖਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਕਿਉਂਕਿ ਯੁੱਗਾਂ ਤੋਂ ਇੱਥੇ ਹਰ ਵਰਗ ਦੇ ਲੋਕ ਸ਼ਾਂਤੀ ਨਾਲ ਰਹਿ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਰਮਜ਼ਾਨ ਨੂੰ ਮੁਸਲਿਮ ਭਾਈਚਾਰੇ ਦਾ ਤਿਉਹਾਰ ਮੰਨਿਆ ਜਾਂਦਾ ਹੈ ਪਰ ਇਹ ਦੋ ਸ਼ਬਦ ‘ਰਾਮ’ ਅਤੇ ‘ਜ਼ਾਨ’ ਤੋਂ ਬਣਿਆ ਹੈ ਜਿਸ ਦਾ ਅਰਥ ਹੈ ਕਿ ਇਸ ਵਿੱਚ ਰਾਮ ਦਾ ਜ਼ਿਕਰ ਵੀ ਹੈ। ਇਸੇ ਤਰ੍ਹਾਂ ਹਿੰਦੂ ਭਾਈਚਾਰੇ ਦਾ
ਤਿਉਹਾਰ ਦੀਵਾਲੀ ਵਿੱਚ ‘ਅਲੀ’ ਸ਼ਬਦ ਹੈ ਜੋ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।” ਫਿਰਕੂ ਏਜੰਡੇ ਨੂੰ ਉਭਾਰਨ ਵਾਲੀਆਂ ਪਾਰਟੀਆਂ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਫੁੱਟ ਪਾਊ ਰਾਜਨੀਤੀ 'ਚ ਵਿਸ਼ਵਾਸ ਨਹੀਂ ਰੱਖਦੀ ਸਗੋਂ 'ਕੰਮ ਦੀ ਰਾਜਨੀਤੀ' ਰਾਹੀਂ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਕੰਮ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਭਾਈਚਾਰਕ ਸਾਂਝ, ਸ਼ਾਂਤੀ ਅਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ 'ਤੇ ਆਧਾਰਿਤ ਸਮਾਜ ਅਤੇ ਦੇਸ਼ ਦੀ ਨੀਂਹ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਆਕਰਸ਼ੀ ਜੈਨ, ਆਈ.ਪੀ.ਐਸ. ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਪੰਜਾਬ ਆਰਮਡ ਪੁਲਿਸ, ਐਨ.ਸੀ.ਸੀ. (ਲੜਕੀਆਂ ਤੇ ਲੜਕੇ), ਭਾਰਤ ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੰਜਾਬ ਪੁਲਿਸ ਦੇ ਬ੍ਰਾਸ ਬੈਂਡ ਦੀ ਟੁਕੜੀ ਵੱਲੋਂ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਗਰੁੱਪ ਡਾਂਸ, ਪੀ.ਟੀ. ਸ਼ੋਅ ਅਤੇ ਸਮੂਹ ਗਾਇਨ ਸਮੇਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ।
Post a Comment