ਲੁਧਿਆਣਾ (Rajan) - ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ (ਜਿਸ ਵਿੱਚ ਪੀਣ ਵਾਲਾ ਸਾਫ ਪਾਣੀ, ਬਿਜਲੀ, ਸਟਰੀਟ ਲਾਈਟਾਂ, ਸੁਖਾਵੀਂ ਸੜਕੀ ਆਵਾਜਾਈ ਆਦਿ ਸ਼ਾਮਲ ਹਨ) ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 34 ਅਧੀਨ ਮੁਹੱਲਾ ਈਸ਼ਰ ਨਗਰ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਵਾਲੇ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 11 ਲੱਖ 97 ਹਜ਼ਾਰ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਦੀ ਇਸ ਪ੍ਰੋਜੈਕਟ ਨੂੰ ਲੈ ਕੇ ਸਮੇਂ ਦੀਆਂ ਸਰਕਾਰਾਂ ਤੇ ਨਜ਼ਰਾਂ ਟਿਕੀਆਂ ਰਹੀਆਂ, ਪਰ ਕਿਸੇ ਵੀ ਸਰਕਾਰ ਵੇਲੇ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਨਹੀਂ ਪਹਿਣਾਇਆ ਗਿਆ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਪਾਸ ਕਰਕੇ ਇਸ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਹੁਣ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੀ ਲਿਕੇਜ ਅਤੇ ਗੰਦੇ ਪਾਣੀ ਦੀ ਸਪਲਾਈ ਕਰਕੇ ਬਿਮਾਰੀ ਫੈਲਣ ਦਾ ਖਦਸਾ ਬਣਿਆ ਹੋਇਆ ਸੀ ਜਿਸ ਕਰਕੇ ਤੁਰੰਤ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਮਿਲ ਸਕੇਗੀ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੀਣ ਵਾਲਾ ਸਾਫ ਪਾਣੀ ਮੁੱਢਲੀ ਲੋੜ ਹੈ ਜਿਸ ਨੂੰ ਪੂਰਾ ਕਰਨਾ ਸਾਡਾ ਕਰਤਵ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ ਸਾਰੇ ਹੀ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਪੱਖੋਂ ਕਿਸੇ ਵੀ ਇਲਾਕੇ ਵਿੱਚ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
Post a Comment